ਪੰਜਾਬ ਪੁਲਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ

Nov 7, 2025 | Latest News, PUNJAB

ਚੰਡੀਗੜ੍ਹ, 7 ਨਵੰਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 248ਵੇਂ ਦਿਨ ਪੰਜਾਬ ਪੁਲਸ ਨੇ 253 ਥਾਵਾਂ ‘ਤੇ ਛਾਪੇਮਾਰੀ (Raids at 253 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 66 ਐਫ. ਆਈ. ਆਰਜ਼. ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 248 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,225 ਹੋ ਗਈ ਹੈ ।

ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਕੀਤੀ ਗਈ ਹੈ ਹੈਰੋਇਨ, ਭੁੱਕੀ, ਨਸ਼ੀਲੀਆਂ ਗੋਲੀਆਂ ਅਤੇ

ਡਰੱਗ ਮਨੀ ਬਰਾਮਦ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.02 ਕਿਲੋ ਹੈਰੋਇਨ, 2 ਕੁਇੰਟਲ ਭੁੱਕੀ, 1015 ਨਸ਼ੀਲੀਆਂ ਗੋਲੀਆਂ ਅਤੇ 34,230 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼. ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ।

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ

ਇਲਾਜ  ਲੈਣ ਲਈ ਰਾਜ਼ੀ ਕੀਤਾ

ਇਸ ਆਪ੍ਰੇਸ਼ਨ ਦੌਰਾਨ 50 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 253 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਜਾਂਚ (265 suspects investigated) ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।