ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਸੰਭਾਲਿਆ ਵਾਈਸ-ਚਾਂਸਲਰ ਵਜੋਂ ਅਹੁਦਾ

Feb 9, 2026 | Breaking, Latest News, News, Patiala

ਪਟਿਆਲਾ, 9 ਫਰਵਰੀ 2026 : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (Maharaja Bhupinder Singh Punjab Sports University) ਪਟਿਆਲਾ ਦੇ ਵਾਈਸ-ਚਾਂਸਲਰ ਵਜੋਂ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਅਹੁਦਾ ਸੰਭਾਲ ਲਿਆ ਹੈ ।

ਕੀ ਆਖਿਆ ਵੀ. ਸੀ. ਡਾਕਟਰ ਗਿੱਲ ਨੇ

ਇਸ ਮੌਕੇ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ (Dr. Pushpinder Singh Gill) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦਾ ਧੰਨਵਾਦ ਕਰਦਿਆਂ ਆਪਣੀਆਂ ਤਰਜੀਹਾਂ ਗਿਣਾਉਂਦਿਆ ਦੱਸਿਆ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁ਼ਲਤ ਕਰਦਿਆਂ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਵੇਗੀ । ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ, ਖਾਸ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ।

ਸਰਕਾਰ ਵਲੋਂ ਬਣਾਏ ਜਾ ਰਹੇ ਹਨ ਪਿੰਡ ਪਿੰਡ ਸਟੇਡੀਅਮ : ਵੀ. ਸੀ.

ਵਾਈਸ-ਚਾਂਸਲਰ (Vice-Chancellor) ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਉਦੇਸ਼ ਦੀ ਪੂਰਤੀ ਲਈ ਸਪੋਰਟਸ ਯੂਨੀਵਰਸਿਟੀ ਆਪਣੀ ਪੂਰੀ ਵਾਹ ਲਗਾਵੇਗੀ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ਉਤੇ ਇੱਕ ਖਿਡਾਰੀ ਵਜੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ਉਤੇ ਪੂਰੀ ਤਰ੍ਹਾਂ ਖਰ੍ਹਾ ਉਤਰਨਗੇ ।

ਸਰਕਾਰ ਨੇ ਤਜ਼ਰਬੇਕਾਰ ਅਕਾਦਮਿਕ ਹਸਤੀ ਨੂੰ ਕੀਤਾ ਹੈ ਨਿਯੁਕਤ : ਵੀ. ਸੀ.

ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਤਜ਼ਰਬੇਕਾਰ ਅਕਾਦਮਿਕ ਹਸਤੀ ਨੂੰ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਸ ਲਈ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਉਥੇ ਹੀ ਉਹ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਵੀ ਦਿੰਦੇ ਹਨ । ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਨੁਭਵ ਵਾਲੀਆ ਤੇ ਯੂਨੀਵਰਸਿਟੀ ਦੇ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਦਾ ਸਵਾਗਤ ਕੀਤਾ ।