ਚੰਡੀਗੜ੍ਹ, 29 ਅਕਤੂਬਰ 2026 : ਟ੍ਰਾਂਸਪੋਰਟ ਮੰਤਰੀ (Transport Minister) ਹਰਪਾਲ ਚੀਮਾ ਵਲੋਂ ਟ੍ਰਾਂਸਸਪੋਰਟ ਵਿਭਾਗ ਵਿਚ ਤਰਸ ਦੇ ਆਧਾਰ ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰਾਂ (Appointment Letters) ਦੀ ਵੰਡ ਕੀਤੀ ਗਈ ਹੈ ।
ਤਰਸ ਦੇ ਆਧਾਰ ਤੇ ਨੌਕਰੀਆਂ ਦੇੇਣਾ ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ : ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦੀ ਬਿਹਤਰ ਸੇਵਾ ਲਈ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਕਰਨ ਦੀ ਇਸ ਪਹਿਲ ਕਦਮੀ ਦਾ ਮਕਸਦ ਵਿਭਾਗ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤੁਰੰਤ ਵਿੱਤੀ ਸਹਾਇਤਾ ਅਤੇ ਸਥਿਰਤਾ ਪ੍ਰਦਾਨ ਕਰਨਾ ਹੈ । ਇਹ ਪੱਤਰ ਕੈਬਨਿਟ ਮੰਤਰੀ ਵੱਲੋਂ ਟਰਾਂਸਪੋਰਟ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀ. ਆਰ. ਟੀ. ਸੀ. ਪਟਿਆਲਾ ਦੀ
ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਹਾਜ਼ਰੀ ਵਿੱਚ ਸੌਂਪੇ ਗਏ ।
ਟ੍ਰਾਂਸਪੋਰਟ ਮੰਤਰੀ ਨੇ ਕੀਤੀ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਨਵ-ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ (Bhagwant Mann) ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ । ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂੰ ਸਮੇਤ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਮੀਟਿੰਗ ਕੀਤੀ।
ਕੀ ਭਰੋਸਾ ਦਿੱਤਾ ਗਿਆ ਚੀਮਾ ਵਲੋਂ ਵਫਦ ਨੂੰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ, “ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ । ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਮਸਲਿਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ।








