ਪਟਿਆਲਾ, 28 ਨਵੰਬਰ 2025 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Agriculture and Farmers Welfare) (ਪੰਜਾਬ) ਪਟਿਆਲਾ ਨੇ ਅੱਜ ਸ਼ਹੀਦ ਊਧਮ ਸਿੰਘ ਕਮਿਊਨਟੀ ਹਾਲ ਪਿੰਡ ਲਲੌਛੀ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ (Farmer Training Camp) ਲਗਾਇਆ ।
ਕੈਂਪ ਵਿਚ ਕੀਤਾ ਗਿਆ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 3 ਕਿਸਾਨਾਂ ਦਾ ਸਨਮਾਨ
ਕੈਂਪ ਦੌਰਾਨ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਅਤੇ ਹਰਜਿੰਦਰ ਸਿੰਘ ਜੌੜਾਮਾਜਰਾ ਦੀ ਹਾਜਰੀ ਵਿਚ ਮੁੱਖ ਖੇਤੀਬਾੜੀ ਅਫ਼ਸਰ (Chief Agricultural Officer) ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ । ਕੈਂਪ ਵਿਚ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਵੱਖ-ਵੱਖ ਬਲਾਕਾਂ ਦੇ ਹਾਜਰ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਫਸਲਾਂ ਦੀ ਦੇਖ-ਰੇਖ ਕਰਨ ਦੀ ਅਪੀਲ ਕੀਤੀ ਅਤੇ ਫਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ ਤਾਂ ਜੋ ਖੇਤੀ ਆਮਦਨ ਵਿਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਕਿ ਇਹ ਕੈਂਪ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ ਹੈ ।
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ
ਸਹਿਯੋਗ ਦੇਣ ਲਈ ਅਪੀਲ ਕੀਤੀ
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ (Burning the stubble) ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜਿ਼ਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ (Fire incidents) ਲਗਾਤਾਰ ਘਟ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿਚ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਕੋਆਪ੍ਰੇਟਿਵ ਸੋਸਾਇਟੀਆਂ, ਗਰੁੱਪਾਂ, ਐਫ. ਪੀ. ਓ. ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲੱਭਧ ਕਰਵਾਉਣ ਲਈ ਹੋਰ ਵਧੀਆ ਉਪਰਾਲੇ ਕੀਤੇ ਜਾਣਗੇ ।
ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ ਵਿਚ ਭਾਗ ਲੈ ਕੇ ਕੀਤੀ ਜਾਵੇ ਜਾਣਕਾਰੀ ਪ੍ਰਾਪਤ
ਕੈਂਪ ਜਿ਼ਲ੍ਹਾ ਸਿਖਲਾਈ ਅਫ਼ਸਰ ਪਟਿਆਲਾ ਡਾ. ਵਿਨੈ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜਿ਼ਲ੍ਹਾ ਪੱਧਰੀ ਕੈਂਪਾਂ ਵਿਚ ਭਾਗ ਲੈ ਕੇ ਨਵੀਨਤਮ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ । ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ, ਪਸ਼ੂ ਪਾਲਣਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪ੍ਰਾਇੀਵੇਟ ਕੰਪਨੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਕੰਮ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ, ਜਿਸ ਦਾ ਹਾਜਰ ਕਿਸਾਨਾਂ ਨੇ ਲਾਹਾ ਲਿਆ । ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ (Rabi crops) ਫਸਲੀ ਵਿਭਿੰਨਤਾ, ਫਸਲਾਂ ਦੀ ਰਹਿੰਦ ਖੂੰਹਦ ਦੀ ਸੁੱਚਜੀ ਵਰਤੋ ਕਰਨ ਸਬੰਧੀ ਕੇ. ਵੀ. ਕੇ. ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਦੇ ਸਾਇੰਸਦਾਨ ਡਾ.ਗੁਰਪ੍ਰੀਤ ਕੌਰ, ਡਾ. ਰਚਨਾ ਸਿੰਗਲਾ, ਡਾ. ਰਜਨੀ ਗੋਇਲ ਅਤੇ ਡਾ. ਗੁਰਪ੍ਰੀਤ ਸਿੰਘ ਨੇ ਤਕਨੀਕੀ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਲਗਭਗ 1000 ਕਿਸਾਨਾਂਵੱਲੋਂ ਭਾਗ ਲਿਆ ਗਿਆ ।


