ਪਟਿਆਲਾ, 8 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਜੋ ਪੰਜਾਬ ਦੇ ਸੱਚੇ ਸਪੂਤ ਹਨ ਦੀ ਲੋਕਪ੍ਰਿਯਤਾ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਪਾ ਰਹੀ ਹੈ।
ਕੀ ਆਖਿਆ ਕੈਬਨਿਟ ਮੰਤਰੀ ਸੌਂਦ ਨੇ
ਪੰਜਾਬ ਦੇ ਬਿਜਲੀ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲਕਦਮੀਆਂ ਕਰਕੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਅਤੇ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਵੀ ਮੌਜੂਦ ਸਨ ।
ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਕੋਝੇ ਹਥਕੰਡੇ ਅਪਣਾ ਰਹੇ ਹਨ ਵਿਰੋਧੀ : ਸੌਂਦ
ਤਰੁਨਪ੍ਰੀਤ ਸਿੰਘ ਸੌਂਦ ਜੋ ਬੀਤੇ ਦਿਨੀਂ ਭਾਦਸੋਂ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿਖੇ 58ਵੇਂ ਸਾਲਾਨਾ ਤਿੰਨ ਰੋਜ਼ਾ ਟਿਵਾਣਾ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਨ ਪਹੁੰਚੇ ਸਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀਆਂ ਨੂੰ ਭਗਵੰਤ ਸਿੰਘ ਮਾਨ ਦੀ ਲੋਕਪ੍ਰਿਯਤਾ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਉਹ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਕੋਝੇ ਹੱਥਕੰਡੇ ਅਪਣਾ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਹਰਮਨ ਪਿਆਰੇ ਮੁੱਖ ਮੰਤਰੀ ਵਿਰੁੱਧ ਉਹ ਲੋਕ ਹੀ ਬਿਆਨਬਾਜ਼ੀ ਕਰ ਰਹੇ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਅਤੇ ਕਿਸਾਨਾਂ ਦੀ ਬਿਹਤਰੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ।
ਸਰਕਾਰ ਨੇ ਰੱਖਿਆ ਹੈ ਖੇਡ ਮੈਦਾਨਾਂ ਦੀ ਉਸਾਰੀ ਲਈ 1500 ਕਰੋੜ ਦਾ ਬਜਟ : ਕੈਬਨਿਟ ਮੰਤਰੀ
ਇਸ ਮੌਕੇ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸ. ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਸੂਬੇ ਵਿੱਚ 3100 ਖੇਡ ਮੈਦਾਨਾਂ ਦੀ ਉਸਾਰੀ ਲਈ 1500 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾ ਰਹੀ ਹੈ ਅਤੇ ਸਾਡੀ ਧਰਤੀ ਨੂੰ ਬੰਜਰ ਹੋਣ ਤੋਂ ਰੋਕਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ।
ਪੰਜਾਬ ਵਧ ਰਿਹਾ ਹੈ ਤਰੱਕੀਆਂ ਦੀਆਂ ਰਾਹਾਂ ਤੇ : ਤਰੁਣਪ੍ਰੀਤ ਸਿੰਘ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਸ ਵੇਲੇ ਤਰੱਕੀ ਦੀਆਂ ਰਾਹਾਂ ’ਤੇ ਅੱਗੇ ਵੱਧ ਰਿਹਾ ਹੈ ਅਤੇ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਤੋਂ ਰੋਕਕੇ ਪੰਜਾਬ ਵਿੱਚ ਹੀ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ।








