ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁੱਖ ਸਕੱਤਰ ਪੰਜਾਬ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਗਿਆ ਹੈ ।
ਹਾਈਕੋਰਟ ਨੇ ਮੁੱਖ ਸਕੱਤਰ ਨੂੰ ਪਾਲਣਾ ਹਲਫਨਾਮਾ ਦਾਖਲ ਕਰਨ ਦੇ ਦਿੱਤੇ ਹੁਕਮ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (Dearness Allowances) ਦੇ ਮਾਮਲੇ `ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਅਹਿਮ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਵਿਸਥਾਰ ਨਾਲ ਸੁਣਨ ਤੋਂ ਬਾਅਦ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ (Defamation notice) ਜਾਰੀ ਕਰ ਦਿੱਤਾ । ਇਸ ਦੇ ਨਾਲ ਹੀ ਅਦਾਲਤ ਵਿੱਚ ਨਿੱਜੀ ਤੌਰ `ਤੇ ਮੌਜੂਦ ਮੁੱਖ ਸਕੱਤਰ ਨੂੰ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿੱਚ ਅੱਜ ਤੋਂ 10 ਦਿਨਾਂ ਦੇ ਅੰਦਰ-ਅੰਦਰ ਪਾਲਣਾ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ । ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਤੈਅ ਕੀਤੀ ਹੈ ।
ਪਟੀਸ਼ਨਰਾਂ ਦੇ ਵਕੀਲ ਨੇ ਕੀਤੀ ਮੰਗ ਕੀਤੀ
ਸੁਣਵਾਈ ਦੌਰਾਨ ਪੰਜਾਬ ਸਰਕਾਰ (Government of Punjab) ਵੱਲੋਂ ਅਦਾਲਤ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਜਾਣ ਵਾਲੀ ਵਿਸ਼ੇਸ਼ ਆਗਿਆ ਪਟੀਸ਼ਨ ਦੇ ਸਾਰੇ ਇਤਰਾਜ਼ ਦੂਰ ਕਰ ਲਏ ਗਏ ਹਨ ਅਤੇ ਉਹ ਦਾਇਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ । ਸਰਕਾਰ ਨੇ ਦੱਸਿਆ ਕਿ ਦੀਵਾਲੀ ਤੋਂ ਤੁਰੰਤ ਬਾਅਦ ਸੁਪਰੀਮ ਕੋਰਟ ਵਿੱਚ ਇਹ ਮਾਮਲਾ ਸੁਣਵਾਈ ਲਈ ਸੂਚੀਬੱਧ ਹੋ ਸਕਦਾ ਹੈ । ਦੂਜੇ ਪਾਸੇ ਪਟੀਸ਼ਨਰਾਂ ਦੇ ਵਕੀਲ ਨੇ ਅਦਾਲਤ ਸਾਹਮਣੇ ਦਲੀਲ ਰੱਖੀ ਕਿ ਸੂਬੇ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ, ਇਸ ਲਈ ਸਰਕਾਰ ਵੱਲੋਂ ਮੁਫ਼ਤ ਸਹੂਲਤਾਂ `ਤੇ ਕੀਤੇ ਜਾ ਰਹੇ ਖ਼ਰਚਿਆਂ `ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ ।








