ਚੰਡੀਗੜ੍ਹ,8 ਜੂਨ 2026 : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ (appointment letter) ਸੌਂਪੇ ਗਏ ਹਨ ।
ਕੀ ਆਖਿਆ ਕੈਬਨਿਟ ਮੰਤਰੀ ਪੰਜਾਬ ਨੇ
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ (Cabinet Minister Punjab) ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ । ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ `ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜਿ਼ੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ `ਤੇ ਕਰਨ । ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਲਾਜ਼ਮੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਫੀਲਡ ਵਿਚ ਤਾਇਨਾਤ ਹੋ ਜਾਣਗੇ ਪਟਵਾਰੀ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤਾਇਨਾਤ ਹੋ ਜਾਣਗੇ । ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ ।
ਕਿੰਨੇ ਕਿੰਨੇ ਸਮੇਂ ਦੀ ਟ੍ਰੇਨਿੰਗ ਦਿੱਤੀ ਗਈ ਹੈ ਪਟਵਾਰੀਆਂ ਨੂੰ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜਿ਼ਲ੍ਹੇ ਅਲਾਟ ਕੀਤੇ ਸਨ । ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ. ਸੀ. ਐਸ. ਅਫ਼ਸਰਾਂ, ਜਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ ।
ਕਿਸ ਕਿਸ ਸਬੰਧੀ ਦਿੱਤੀ ਗਈ ਹੈ ਟ੍ਰੇਨਿੰਗ ਦੌਰਾਨ ਜਾਣਕਾਰੀ
ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸਿ਼ਆਂ ਸਬੰਧੀ ਜਾਣਕਾਰੀ ਦਿੱਤੀ ਗਈ । ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ । ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ `ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ । ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ `ਤੇ ਜਾਣਕਾਰੀ ਦਿੱਤੀ ਗਈ । ਆਈ. ਐਲ. ਐਮ. ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ `ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ `ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ ।
512 ਵਿਚੋਂ 464 ਪਹਿਲਾਂ ਹੀ ਨਿਭਾ ਰਹੇ ਹਨ ਸੇਵਾਵਾਂ
ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ । ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ । ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ । ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ ।
ਕੀ ਆਖਿਆ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਨੇ
ਵਰਮਾ ਨੇ ਕਿਹਾ ਕਿ ਪਿੰਡ ਪੱਧਰ `ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ । ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ ।








