ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਆਯੋਜਿਤ

ਮਾਲੇਰਕੋਟਲਾ, 9 ਅਪ੍ਰੈਲ 2026 : ਪੰਜਾਬ ਦੇ ਖੇਤੀਬਾੜੀ ਵਿਭਾਗ (Department of Agriculture) ਵਲੋਂ ਅੱਜ ਮਾਲੇਰਕੋਟਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪਾਂ (Farmer awareness camps) ਦਾ ਆਯੋਜਨ ਕੀਤਾ ਗਿਆ ਹੈ ।

ਕਿੰਨੇ ਪਿੰਡਾਂ ਵਿਚ ਲਗਾਏ ਗਏ ਹਨ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਲੇਰਕੋਟਲਾ ਵੱਲੋਂ ਅੱਜ ਪਿੰਡ ਰੂੜਕੀ ਕਲਾਂ ਅਤੇ ਰੂੜਕੀ ਖੁਰਦ ਵਿੱਚ ਕਰਾਪ ਰੇਜਿਡਿਊ ਮੈਨੇਜਮੈਂਟ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ । ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨਾ ਸੀ ।

ਖੇਤੀਬਾੜੀ ਵਿਭਾਗ ਦੇ ਏ. ਡੀ. ਓ. ਨੇ ਕੀ ਦੱਸਿਆ

ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਏ. ਡੀ. ਓ. ਡਾ. ਲਾਜਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਸਲੀ ਅਵਸ਼ੇਸ਼ਾਂ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ । ਇਸ ਦੇ ਨਾਲ ਹੀ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਧੂੰਏਂ ਕਾਰਨ ਮਨੁੱਖੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਮਸ਼ੀਨਰੀ ਦੀ ਮਦਦ ਨਾਲ ਮਿੱਟੀ ਵਿੱਚ ਮਿਲਾਇਆ ਜਾਵੇ, ਜਿਸ ਨਾਲ ਮਿੱਟੀ ਦੀ ਸਿਹਤ ਸੁਧਰਦੀ ਹੈ ਅਤੇ ਅਗਲੀ ਫਸਲ ਲਈ ਲਾਭਕਾਰੀ ਤੱਤ ਪ੍ਰਾਪਤ ਹੁੰਦੇ ਹਨ ।

ਫਸਲ ਵਿਚ ਯੂਰੀਆ ਦੀ ਖਾਦ ਦੀ ਵਰਤੋਂ ਬਾਰੇ ਗਿਆ ਦੱਸਿਆ

ਉਨ੍ਹਾਂ ਨੇ ਦੱਸਿਆ ਕਿ ਯੂਰੀਆ ਖਾਦ (Urea fertilizer) ਦੀ ਜਿਆਦਾ ਵਰਤੋਂ ਵੀ ਫਸਲ ਅਤੇ ਮਿੱਟੀ ਦੋਵਾਂ ਲਈ ਨੁਕਸਾਨਦਾਇਕ ਹੈ। ਇਸ ਲਈ ਕਿਸਾਨ ਮਿੱਟੀ ਦੀ ਜਾਂਚ ਦੇ ਅਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਖਰਚ ਘਟਾਇਆ ਜਾ ਸਕੇ ਅਤੇ ਉਤਪਾਦਨ ਵਿੱਚ ਵਾਧਾ ਕੀਤਾ ਜਾ ਸਕੇ । ਕੈਂਪ ਦੌਰਾਨ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ।

ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਤੇ ਸਬਸਿਡੀ ਬਾਰੇ ਦਿੱਤੀ ਜਾਣਕਾਰੀ

ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ (Crop residues) ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ । ਚਾਹਵਾਨ ਕਿਸਾਨ ਮਸ਼ੀਨਰੀ ਲਈ ਆਨ-ਲਾਈਨ ਅਰਜ਼ੀਆਂ 24 ਅਪ੍ਰੈਲ 2026 ਤੱਕ ਦੇ ਸਕਦੇ ਹਨ ਅਤੇ ਕਿਸਾਨਾਂ ਨੂੰ ਇਸ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਵੀ ਕੀਤਾ । ਇਸ ਮੌਕੇ ਮੌਜੂਦ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦੀ ਪ੍ਰਸ਼ੰਸਾ ਕਰਦਿਆ ਵਿਸ਼ਵਾਸ ਦਿਵਾਇਆ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਗੇ ।