ਅੰਮ੍ਰਿਤਸਰ, 9 ਜੂਨ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਇਕ ਖੇਤਰ ਵਿਚੋਂ ਦੋ ਨਾਬਾਲਗ ਲੜਕੀਆਂ (Underage girls) ਦੇ ਲਾਪਤਾ ਹੋਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿੰਨੀ ਕਿੰਨੀ ਉਮਰ ਦੀਆਂ ਹਨ ਲੜਕੀਆਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਨਾਬਾਲਗ ਲੜਕੀਆਂ ਦੇ ਲਾਪਤਾ (Missing) ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ । ਲੁਧਿਆਣਾ ਵਿੱਚ ਹਾਲ ਹੀ ਦੌਰਾਨ ਲੜਕੀਆਂ ਦੇ ਗਾਇਬ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੀ ਦੋ ਨਾਬਾਲਗ ਲੜਕੀਆਂ ਦੇ ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ । ਦੋਵੇਂ ਲੜਕੀਆਂ ਦੀ ਉਮਰ 14 ਅਤੇ 17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀ ਰਹਿਣ ਵਾਲੀਆਂ ਹਨ ।
ਕੋਚਿੰਗ ਕਲਾਸਾਂ ਖਤਮ ਹੋਣ ਤੋਂ ਬਾਅਦ ਵੀ ਘਰ ਨਹੀਂ ਆਈਆਂ ਲੜਕੀਆਂ
ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਲੜਕੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਪਿਊਟਰ ਕੋਚਿੰਗ ਸੈਂਟਰ ਲਈ ਘਰੋਂ ਨਿਕਲੀਆਂ ਸਨ ਪਰ ਜਦੋਂ ਕੋਚਿੰਗ ਦੀਆਂ ਕਲਾਸਾਂ ਸਮਾਪਤ ਹੋਣ ਤੋਂ ਬਾਅਦ ਵੀ ਉਹ ਘਰ ਵਾਪਸ ਨਾ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ । ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ।
ਲੜਕੀਆਂ ਨੂੰ ਲਾਪਤਾ ਹੋਏ ਹੋ ਚੁੱਕਿਆ ਹੈ ਇਕ ਦਿਨ ਤੋਂ ਵਧ ਦਾ ਸਮਾਂ
ਪੀੜਤ ਪਰਿਵਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਲੜਕੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ । ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਬਹੁਤ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ । ਪਰਿਵਾਰਾਂ ਨੇ ਅੰਮ੍ਰਿਤਸਰ ਪੁਲਸ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੜਕੀਆਂ ਦੀ ਭਾਲ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ।
ਕੀ ਆਖਿਆ ਥਾਣਾ ਸਦਰ ਦੇ ਮੁਖੀ ਨੇ
ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਪੁਲਸ ਵੱਲੋਂ ਇਲਾਕੇ ਅਤੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਵੱਖ-ਵੱਖ ਪੁਲਿਸ ਟੀਮਾਂ ਨੂੰ ਲੜਕੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦ ਹੀ ਲੜਕੀਆਂ ਦਾ ਪਤਾ ਲਗਾ ਲਿਆ ਜਾਵੇਗਾ ।








