ਅੰਮ੍ਰਿਤਸਰ, 21 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਚ ਇਕ ਵਿਅਕਤੀ ਨੂੰ ਲੜਕੀ ਨੂੰ ਭਜਾ ਕੇ ਲਿਜਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਜੁਡੀਸ਼ੀਅਲ ਹਿਰਾਸਤ (Judicial custody) ਵਿਚ ਭੇਜ ਦਿੱਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ (Civil Line Police Station) ਦੀ ਪੁਲਸ ਵੱਲੋਂ ਇੱਕ ਨੌਜਵਾਨ ਨੂੰ ਲੜਕੀ ਨੂੰ ਭਜਾ ਕੇ ਲਿਜਾਣ ਅਤੇ ਜਬਰ ਜਨਾਹ (Rape) ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਪੁਲਿਸ ਮੁਤਾਬਕ ਮੁਲਜ਼ਮ ਨੂੰ ਪਹਿਲਾਂ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ ਅਤੇ ਹੁਣ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ।
ਕੀ ਦੱਸਿਆ ਥਾਣਾ ਸਿਵਲ ਲਾਈਨ ਦੇ ਪੁਲਸ ਅਧਿਕਾਰੀ ਨੇ
ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਚਾਹਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਮੁਲਜ਼ਮ ਖ਼ਿਲਾਫ਼ ਇੱਕ ਲੜਕੀ ਨੂੰ ਭਜਾ ਕੇ ਲਿਜਾਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਪਰ ਜਾਂਚ ਦੌਰਾਨ ਇਸ ਵਿੱਚ ਧਾਰਾ 376 ਆਈ. ਪੀ. ਸੀ. ਤਹਿਤ ਜਬਰ ਜਨਾਹ ਦੀ ਧਾਰਾ ਵੀ ਸ਼ਾਮਲ ਕੀਤੀ ਗਈ ।
ਪੁਲਸ ਜਾਂਚ ਤੋਂ ਬਾਅਦ ਅਗਵਾ ਦੇ ਨਾਲ-ਨਾਲ ਜਬਰ ਜਨਾਹ ਦੀ ਧਾਰਾ ਵੀ ਗਈ ਜੋੜੀ
ਪੁਲਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਸੀ ਤਾਂ ਜੋ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਸਕੇ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਮੁਲਜ਼ਮ ਲੜਕੀ ਨੂੰ ਕਿੱਥੇ ਲੈ ਕੇ ਗਿਆ ਸੀ ਅਤੇ ਇਸ ਪੂਰੇ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ 29 ਤਾਰੀਖ ਨਾਲ ਸੰਬੰਧਿਤ ਹੈ ਅਤੇ ਮਾਮਲੇ ਦੀ ਤਫਤੀਸ਼ ਲਗਾਤਾਰ ਜਾਰੀ ਹੈ । ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰਾ ਸੱਚ ਸਾਹਮਣੇ ਲਿਆਇਆ ਜਾ ਸਕੇ ।
ਮੁਲਜਮ ਵਿਰੁੱਧ ਸਿ਼ਕਾਇਤ ਮੁਤਾਬਕ ਕੀਤੀ ਗਈ ਹੈ ਕਾਰਵਾਈ
ਪੁਲਸ ਮੁਤਾਬਕ ਮੁਲਜ਼ਮ ਨੌਜਵਾਨ ਅਤੇ ਉਸਦਾ ਪਰਿਵਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ । ਇਸਦੇ ਨਾਲ ਹੀ ਉਹ ਮੋਹਾਲੀ ਵਿੱਚ ਇੱਕ ਆਈਟੀ ਕੰਪਨੀ ਵੀ ਚਲਾਉਂਦਾ ਸੀ । ਪੁਲਸ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਕੋਲ ਸਿਰਫ਼ ਇੱਕ ਲੜਕੀ ਵੱਲੋਂ ਕੀਤੀ ਗਈ ਸਿ਼ਕਾਇਤ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਗਈ ਹੈ, ਪਰ ਜਾਂਚ ਦੌਰਾਨ ਜੇਕਰ ਹੋਰ ਕੋਈ ਤੱਥ ਜਾਂ ਸਿ਼ਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਅਨੁਸਾਰ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗੁਰਦਾਸਪੁਰ ਇਲਾਕੇ ਤੋਂ ਕਾਬੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ।








