‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਇਆ 232ਵਾਂ ਦਿਨ 

ਚੰਡੀਗੜ੍ਹ, 22 ਅਕਤੂਬਰ 2025 : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 232ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 306 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 58 ਐਫ. ਆਈ. ਆਰਜ਼. ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 232 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ ।

ਪੰਜਾਬ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਤੇ 1.1 ਕਿਲੋ ਅਫ਼ੀਮ ਸਮੇਤ 67 ਨਸ਼ਾ ਤਸਕਰ

ਕਾਬੂ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 561 ਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਅਫੀਮ, 1229 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6360 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ

ਇਲਾਜ ਲੈਣ ਲਈ ਰਾਜ਼ੀ ਕੀਤਾ

ਇਸ ਆਪ੍ਰੇਸ਼ਨ ਦੌਰਾਨ 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 306 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 332 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ (Punjab Government) ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ- ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.)- ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ  ਹੈ ।